Sachkhand Sri Harmandir Sahib Sri Amritsar Sahib Ji Vekha Hoea Ajh Sandhya Wela Da Mukhwak :26-October-2018
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥
ਪਦਅਰਥ: ਸਨਕ ਸਨੰਦ = ਬ੍ਰਹਮਾ ਦੇ ਪੁੱਤਰ (ਸਨਕ, ਸਨੰਦ, ਸਨਾਤਨ, ਸਨਤ ਕੁਮਾਰ) । ਮਹੇਸ = ਸ਼ਿਵ। ਸਮਾਨਾਂ = ਵਰਗਿਆਂ ਨੇ। ਸੇਖ ਨਾਗਿ = ਸ਼ੇਸ਼ ਨਾਗ ਨੇ (ਸ਼ੇਸ਼ ਨਾਗ = ਸੱਪਾਂ ਦਾ ਰਾਜਾ, ਇਸ ਦੇ ਇੱਕ ਹਜ਼ਾਰ ਫਣ ਮਿੱਥੇ ਗਏ ਹਨ; ਇਹਨਾਂ ਨਾਲ ਇਹ ਆਪਣੇ ਇਸ਼ਟ ਵਿਸ਼ਨੂ ਭਗਵਾਨ ਉੱਤੇ ਛਾਂ ਕਰਦਾ ਹੈ, ਹਰੇਕ ਜੀਭ ਨਾਲ ਨਿੱਤ ਨਵਾਂ ਨਾਮ ਭਗਵਾਨ ਦਾ ਉਚਾਰਦਾ ਹੈ) । ਮਰਮੁ = ਭੇਤ।੧। ਰਿਦੈ = ਹਿਰਦੇ ਵਿਚ। ਬਸਾਈ = ਬਸਾਈਂ, ਮੈਂ ਵਸਾਉਂਦਾ ਹਾਂ।੧।ਰਹਾਉ। ਸਰਿ = ਵਰਗੇ ਨੇ। ਗਰੁੜ = ਵਿਸ਼ਨੂ ਭਗਵਾਨ ਦੀ ਸਵਾਰੀ, ਸਾਰੇ ਪੰਛੀਆਂ ਦਾ ਰਾਜਾ। ਸੁਰ ਪਤਿ = ਦੇਵਤਿਆਂ ਦਾ ਰਾਜਾ, ਇੰਦਰ। ਨਰਪਤਿ = ਮਨੁੱਖਾਂ ਦਾ ਰਾਜਾ।੨। ਕਮਲਾਪਤਿ = ਲੱਛਮੀ ਦਾ ਪਤੀ, ਵਿਸ਼ਨੂ। ਕਵਲਾ = ਲੱਛਮੀ।੩। ਕਹਿ = ਕਹੇ, ਆਖਦਾ ਹੈ। ਭਰਮੈ ਨਾਹੀ = ਭਟਕਦਾ ਨਹੀਂ। ਪਗ ਲਗਿ = ਚਰਨੀਂ ਲੱਗ ਕੇ। ਸਰਨਾਂਹੀ = ਸ਼ਰਨ ਵਿਚ।੪।
ਅਰਥ: ਮੈਂ ਸੰਤਾਂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹਾਂ।੧।ਰਹਾਉ। ਹੇ ਪ੍ਰਭੂ! ਬ੍ਰਹਮਾ ਦੇ ਪੁੱਤਰਾਂ) ਸਨਕ, ਸਨੰਦ ਅਤੇ ਸ਼ਿਵ ਜੀ ਵਰਗਿਆਂ ਨੇ ਤੇਰਾ ਭੇਦ ਨਹੀਂ ਪਾਇਆ; (ਵਿਸ਼ਨੂ ਦੇ ਭਗਤ) ਸ਼ੇਸ਼ਨਾਗ ਨੇ ਤੇਰੇ (ਦਿਲ ਦਾ) ਰਾਜ਼ ਨਹੀਂ ਸਮਝਿਆ।੧। (ਸ੍ਰੀ ਰਾਮ ਚੰਦਰ ਜੀ ਦੇ ਸੇਵਕ) ਹਨੂਮਾਨ ਵਰਗੇ ਨੇ, (ਵਿਸ਼ਨੂ ਦੇ ਸੇਵਕ ਤੇ ਪੰਛੀਆਂ ਦੇ ਰਾਜੇ) ਗਰੁੜ ਵਰਗਿਆਂ ਨੇ, ਦੇਵਤਿਆਂ ਦੇ ਰਾਜੇ ਇੰਦਰ ਨੇ, ਵੱਡੇ ਵੱਡੇ ਰਾਜਿਆਂ ਨੇ ਭੀ ਤੇਰੇ ਗੁਣਾਂ ਦਾ ਅੰਤ ਨਹੀਂ ਪਾਇਆ।੨। ਚਾਰ ਵੇਦ, (ਅਠਾਰਾਂ) ਸਿਮ੍ਰਿਤੀਆਂ, (ਅਠਾਰਾਂ) ਪੁਰਾਣ-(ਇਹਨਾਂ ਦੇ ਕਰਤਾ ਬ੍ਰਹਮਾ, ਮਨੂ ਤੇ ਹੋਰ ਰਿਸ਼ੀਆਂ) ਨੇ ਤੈਨੂੰ ਨਹੀਂ ਸਮਝਿਆ; ਵਿਸ਼ਨੂ ਤੇ ਲੱਛਮੀ ਨੇ ਭੀ ਤੇਰਾ ਅੰਤ ਨਹੀਂ ਪਾਇਆ।੩। ਕਬੀਰ ਆਖਦਾ ਹੈ-(ਬਾਕੀ ਸਾਰੀ ਸ੍ਰਿਸ਼ਟੀ ਦੇ ਲੋਕ ਪ੍ਰਭੂ ਨੂੰ ਛੱਡ ਕੇ ਹੋਰ ਹੋਰ ਪਾਸੇ ਭਟਕਦੇ ਰਹੇ) ਇੱਕ ਉਹ ਮਨੁੱਖ ਭਟਕਦਾ ਨਹੀਂ, ਜੋ (ਸੰਤਾਂ ਦੀ) ਚਰਨੀਂ ਲੱਗ ਕੇ ਪਰਮਾਤਮਾ ਦੀ ਸ਼ਰਨ ਵਿਚ ਟਿਕਿਆ ਰਹਿੰਦਾ ਹੈ।੪।੧।
ਗੁਰੂ ਰੂਪ ਸੰਗਤ ਜੀਓ !! Hukamnama Sahib #Android App ਡਾੳੂਨਲੋਡ ਕਰਨ ਲੲੀ ਹੇਠਾਂ ਦਿੱਤੇ ਲਿੰਕ ੳੁਪਰ ਕਲਿੱਕ ਕਰੋ ਜੀ!
https://play.google.com/store/apps/details?id=com.hukamnamasahib
https://www.facebook.com/dailyhukamnama/
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ